google-site-verification=ILda1dC6H-W6AIvmbNGGfu4HX55pqigU6f5bwsHOTeM
top of page

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

05/01/2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਮਾਮਲਾ ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਔਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 07.11.2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ, ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਉਸਦਾ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਔਨਲਾਈਨ ਸ਼ਿਕਾਇਤ ਆਡੀਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Comentários


Logo-LudhianaPlusColorChange_edited.png
bottom of page