google-site-verification=ILda1dC6H-W6AIvmbNGGfu4HX55pqigU6f5bwsHOTeM
top of page

ਲੁਧਿਆਣਾ 'ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 12 ਮਾਰਚ ਨੂੰ

>>>>>> ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ

ਲੁਧਿਆਣਾ, 03 ਮਾਰਚ 2022 ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੇ ਤਿਵਾੜੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਸ੍ਰੀ ਆਗਸਟੀ ਜਾਰਜ ਮਸੀਹ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਪੀ. ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ 12 ਮਾਰਚ, 2022 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ - ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ਇਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ।


Kommentare


Logo-LudhianaPlusColorChange_edited.png
bottom of page