ਲੁਧਿਆਣਾ, 16 ਮਈ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 ਅਧੀਨ ਦੁਰਗਾਪੁਰੀ, ਹੈਬੋਵਾਲ ਵਿਖੇ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਜਿਸ 'ਤੇ ਕਰੀਬ 70 ਲੱਖ ਰੁਪਏ ਦੀ ਲਾਗਤ ਆਵੇਗੀ।
ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਟੁੱਟੀਆਂ ਭੱਜੀਆਂ ਸੜ੍ਹਕਾਂ 'ਤੇ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਸਰਕਾਰ ਵੱਲੋ ਇਲਾਕਾ ਨਿਵਾਸੀਆਂ ਤੋਂ ਪਾਸਾ ਵੱਟਣ ਕਰਕੇ ਇਹ ਪ੍ਰਾਜੈਕਟ ਕਰੀਬ ਪੰਜ ਸਾਲਾਂ ਤੋਂ ਲਟਕਿਆ ਆ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।
Comentários