ਲੁਧਿਆਣਾ, 28 ਮਾਰਚ
ਹਲਕਾ ਲੁਧਿਆਣਾ (ਪੱਛਮੀ) ਦੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਸਥਾਨਕ ਸਿਵਲ ਲਾਈਨਜ਼ ਵਿਖੇ ਐਸ.ਸੀ.ਡੀ. ਸਰਕਾਰੀ ਕਾਲਜ ਦੇ ਨਾਲ ਲੱਗਦੇ ਟਰਾਂਸਪੋਰਟ ਵਿਭਾਗ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ ਅਤੇ ਆਨਲਾਈਨ ਲਾਇਸੈਂਸ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾ ਸਿਰਫ਼ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਸਗੋਂ ਸਟਾਫ਼ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਯਕੀਨੀ ਬਣਾਉਣ ਕਿ ਜਨਤਾ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਵਿਧਾਇਕ ਸ੍ਰੀ ਗੋਗੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ ਅਤੇ ਆਨਲਾਈਨ ਲਾਇਸੈਂਸ ਸੈਂਟਰ ਦਾ ਸਟਾਫ਼ ਕਿਸੇ ਨਾ ਕਿਸੇ ਬਹਾਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨਿੱਜੀ ਤੌਰ 'ਤੇ ਕੇਂਦਰ ਦਾ ਦੌਰਾ ਕੀਤਾ ਤਾਂ ਕਈ ਵਿਅਕਤੀਆਂ ਨੇ ਉਨ੍ਹਾਂ ਕੋਲ ਆ ਕੇ ਆਪਣੀਆਂ ਮੁਸ਼ਕਿਲਾਂ ਸੁਣਾਈਆਂ।
''ਮੈਂ ਤੁਰੰਤ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਨਾਲ ਸੰਪਰਕ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕੋਈ ਤਕਲੀਫ਼ ਨਾ ਹੋਵੇ। ਸਾਰੇ ਅਧਿਕਾਰੀ/ਕਰਚਾਰੀ ਲੋਕ ਸੇਵਕ ਹਨ ਜਿਨ੍ਹਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਆਮ ਲੋਕਾਂ ਦਾ ਸਹਿਯੋਗ ਕੀਤਾ ਜਾਵੇ ਨਾ ਕਿ ਉਨ੍ਹਾਂ ਦੀ ਖੱਜਲ ਖੁਆਰੀ''। ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਇਹ ਸਥਿਤੀ ਬਣੀ ਰਹੀ ਤਾਂ ਉਹ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।
ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਵੀ ਇਲਾਕਾ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੁੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਿਸੇ ਵੀ ਵਿਅਕਤੀ/ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
Comentários