google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੁਲਿਸ ਕਮਿਸ਼ਨਰ ਵੱਲੋਂ ਗੋਲਡ ਲੋਨ ਕੰਪਨੀਆਂ ਤੇ ਹੋਰ ਵਿੱਤੀ ਸੰਸਥਾਵਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ



ਲੁਧਿਆਣਾ, 11 ਜੂਨ

ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ (ਐਕਟ ਨੰਬਰ-2 ਆਫ 1974) ਦੀ ਧਾਰ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਟਰੇਟ ਲੁਧਿਆਣਾ ਦੇ ਇਲਾਕੇ ਅੰਦਰ ਗੋਲਡ ਲੋਨ ਕੰਪਨੀਆਂ ਤੇ ਹੋਰ ਵੱਖ-ਵੱਖ ਵਿੱਤੀ ਸੰਸਥਾਵਾਂ ਨੂੰ ਆਪਣੇ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਸਥਾਨਾਂ 'ਤੇ ਬਰਾਂਚਾਂ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇ-ਨਾਈਟ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਡੀ.ਵੀ.ਆਰ/ਐਨ.ਵੀ.ਆਰ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ਼ ਸਹੂਲਤਾਂ ਹੋਣ।

ਇਸ ਤੋਂ ਇਲਾਵਾ, ਉਨ੍ਹਾਂ ਮੁੱਖ ਦਫਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ 'ਤੇ ਅਲਾਰਮ ਲਗਾਉਣ ਲਈ ਵੀ ਕਿਹਾ ਜਿਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) 'ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਤ ਐਸ.ਐਚ.ਓ, ਏ.ਸੀ.ਪੀ., ਏ.ਡੀ.ਸੀ.ਪੀ. ਜੁਆਇੰਟ ਸੀ.ਪੀ. ਅਤੇ ਸੀ.ਪੀ. ਨੂੰ ਭੇਜੇ ਜਾ ਸਕਣ।

ਇਸ ਤੋਂ ਇਲਾਵਾ, ਅਲਾਰਮ ਨੂੰ ਇੱਕ ਬੀ.ਐਸ.ਐਨ.ਐਲ. ਲੈਂਡਲਾਈਨ ਫੋਨ ਨਾਲ ਸ਼ਾਖ਼ਾ ਵਿੱਚ ਇੱਕ ਆਟੋਡਾਇਲਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਲਾਰਮ ਬੰਦਾ ਹੋ ਜਾਂਦਾ ਹੈ, ਇਕ ਟੈਲੀਪ੍ਰੋੰਪਟਰ ਆਪਣੇ ਆਪ ਪੁਲਿਸ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933 ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਰਾਹੀਂ ਬ੍ਰਾਂਚ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਿਤ ਕਰੇ।

ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਿਸਟਮ ਉੱਚੀ ਅਵਾਜ਼ ਵਿੱਚ ਅਲਾਰਮ/ਹੂਟਰ ਦੇਣ ਦੇ ਯੋਗ ਹੋਣਾ ਚਾਹੀਦਾ ਹੈ ਜੋ 100 ਮੀਟਰ ਤੱਕ ਆਸ-ਪਾਸ ਦੇ ਇਲਾਕੇ ਵਿੱਚ ਸੁਣਨਾ ਚਾਹੀਦਾ ਹੈ ਜੋਕਿ ਵਾਲਟ/ਸਟਰੋਂਗ ਰੂਮ/ਕਰੰਸੀ ਚੈਸਟ ਨੂੰ ਜ਼ੋਰਦਾਰ ਢੰਗ ਨਾਲ ਖੋਲਣ ਜਾਂ ਕੋਈ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿੱਚ ਆਪਣੇ ਆਪ ਵੱਜਣ ਲੱਗ ਜਾਵੇ।

ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮ ਲਾਜ਼ਮੀ ਤੌਰ 'ਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਹੋਰ ਡਿਊਟੀ ਲਈ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ, ਪ੍ਰਬੰਧਨ ਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੱਖ ਪ੍ਰਵੇਸ਼ ਦੁਆਰ 'ਤੇ ਸ਼ਟਰ ਗੇਟ/ਕੈਂਚੀ ਗੇਟ/ਸਟੀਲ ਬੈਰੀਕੇਡਾਂ ਦੇ ਨਾਲ-ਨਾਲ ਚੇਨ ਅਤੇ ਲਾਕਿੰਗ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੁਲਿਸ ਕੰਟਰੋਲ ਰੂਮ ਦੇ ਮਹੱਤਵਪੂਰਨ ਫ਼ੋਨ ਨੰਬਰ 112, ਸਥਾਨਕ ਐਸ.ਐਚ.ਓ, ਏ.ਸੀ.ਪੀ. ਅਤੇ ਏ.ਡੀ.ਸੀ.ਪੀ. ਦੇ ਨੰਬਰਾਂ ਨੂੰ ਬਰਾਂਚਾਂ ਵਿੱਚ ਪ੍ਰਦਰਸ਼ਤ ਕੀਤਾ ਜਾਣਾ ਚਾਹੀਦਾ ਹੈ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

Comments


Logo-LudhianaPlusColorChange_edited.png
bottom of page