ਲੁਧਿਆਣਾ, 25 ਜੂਨ
ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਉਦਯੋਗਪਤਿਆਂ ਦੇ ਬਿਜਲੀ ਬਿੱਲਾਂ ਦੀ ਦਰੁਸਤੀ ਦੇ ਮੱਸਲੇ ਸਬੰਧੀ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਖਾਸ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਵੀ ਮਸਲੇ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਉਦਯੋਗਪਤੀਆਂ ਦੇ ਇਕ ਵਫਦ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਉਨ੍ਹਾਂ ਦੇ ਬਿਜਲੀ ਬਿੱਲਾਂ ਵਿੱਚ ਸਿਕਿਉਰਟੀ ਚਾਰਜ ਲੱਗ ਕੇ ਆਏ ਹਨ ਜਿਸ ਨਾਲ ਉਨ੍ਹਾਂ ਦੇ ਬਿੱਲਾਂ ਵਿੱਚ ਇਜਾਫਾ ਹੋਇਆ ਹੈ। ਜਿਸ 'ਤੇ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਇਹ ਮਸਲਾ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਕੋਲ ਚੁੱਕਿਆ ਸੀ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਉੱਦਮੀਆਂ ਦੀ ਸਹਾਇਤਾ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਪੰਜਾਬ ਦੇ ਉਦਯੋਗ ਨੂੰ ਇੱਕ ਵਾਰ ਮੁੜ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮੱਸਲੇ ਨੂੰ ਹਰ ਕੀਮਤ ਤੇ ਹੱਲ ਕੀਤਾ ਜਾਵੇਗਾ ਅੱਤੇ ਇਸ ਮੁੱਦੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਪਤੀਆਂ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।
ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਸ. ਪਰਵਿੰਦਰ ਸਿੰਘ ਖਾਂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2018 ਤੋਂ ਪਹਿਲਾਂ ਹੀ 'ਅਡੀਸ਼ਨਲ ਅਡਵਾਂਸ ਕੰਜਪਸ਼ਨ ਡਿਪਾਜਿਟ' ਸਕੀਮ ਤਹਿਤ ਇਹ ਪ੍ਰੈਕਟਿਸ ਜਾਰੀ ਹੈ ਨਾ ਕਿ ਹੁਣ ਨਵੀਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਉਦਯੋਗਿਕ ਖ਼ਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾ ਰਹੀ ਸਗੋਂ ਉਹ ਆਪਣੀ ਵਾਧੂ ਅਗਾਉਂ ਖ਼ਪਤ ਜਮ੍ਹਾਂ ਰਾਸ਼ੀ ਕਿਸ਼ਤਾਂ ਵਿੱਚ ਵੀ ਦੇ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਦੇਰੀ ਨਾਲ ਜਮ੍ਹਾਂ ਕਰਵਾਉਣ 'ਤੇ ਕਿਸੇ ਵੀ ਉਦਯੋਗਿਕ ਖ਼ਪਤਕਾਰ ਨੂੰ ਪੈਨਾਲਟੀ ਜਾਂ ਖ਼ਪਤਕਾਰ ਦਾ ਬਿਜਲੀ ਮੀਟਰ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਪਤਕਾਰਾਂ ਦੀ ਸਹੂਲਤ ਲਈ ਹਲਕੇ ਵਿੱਚ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਖ਼ਪਤਕਾਰ ਉਨ੍ਹਾਂ ਦੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਵੀ ਰਾਬਤਾ ਕਰ ਸਕਦੇ ਹਨ।
Commentaires