ਲੁਧਿਆਣਾ, 29 ਮਾਰਚ
ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ ਉਸਾਰੀ ਅਧੀਨ ਸੀਵਰੇਜ਼ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਦੌਰਾ ਕਰਦਿਆਂ ਪ੍ਰੋਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ।
ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਦੇ ਸੰਯੁਕਤ ਕਮਿਸ਼ਨਰ ਡਾ. ਅੰਕੁਰ ਮਹਿੰਦਰੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਵਾਉਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੇ ਪਾਣੀ ਨੂੰ ਸੁੱਧ ਕਰਨ ਤੋਂ ਬਾਅਦ ਸਿੰਚਾਈ ਲਈ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ਿਲੇ ਦੇ ਵੱਖ ਵੱਖ ਇਲਾਕਿਆਂ ਵਿੱਚ ਕਈ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼) ਅਤੇ ਪ੍ਰਭਾਵਸ਼ਾਲੀ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.) ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਸਬੰਧਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ ਨਾਲ ਹੀ ਜ਼ਿਲ੍ਹੇ ਨੂੰ ਸਵੱਛ ਅਤੇ ਹਰਿਆ ਭਰਿਆ ਬਣਾਉਣ ਵਿਚ ਵੀ ਮੱਦਦ ਮਿਲੇਗੀ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਮੁੱਚੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਵੱਛ ਅਤੇ ਹਰੇ-ਭਰੇ ਵਾਤਾਵਰਣ ਨੂੰ ਤਰਜ਼ੀਹ ਦੇਣ ਤਾਂ ਜੋ ਪ੍ਰਸ਼ਾਸਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਾਰੇ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਕਾਇਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਅੱਗੇ ਵੱਧ ਰਹੀ ਹੈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 'ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
Comments