11 ਅਕਤੂਬਰ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਾਲੇਰਕੋਟਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜਾ ਲੈਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ। ਉਹਨਾਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕਰਦਿਆ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਅਦਾਇਗੀ ਪੱਧਰ ਦੀ ਰੈਕਿੰਗ ਵਿੱਚ ਪਹਿਲੇ ਸਥਾਨ ਤੇ ਹੈ ਜੋ ਕਿ ਸਲਾਘਾਯੋਗ ਹੈ।ਇਸ ਮੌਕੇ ਉਨ੍ਹਾਂ ਆੜਤੀਆਂ ਤੇ ਕਿਸਾਨ ਦੀ ਢੇਰੀ ਦਾ ਨਿਰਖਿਣ ਕੀਤਾ ਅਤੇ ਉਸ ਉਪਰੰਤ ਸਭ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਇਹ ਵੀ ਨਵਾਂ ਇਤਿਹਾਸ ਸਿਰਜਿਆ ਹੈ ਕਿ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕਰਕੇ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤੁਰੰਤ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। । ਇਸ ਤੋਂ ਇਲਾਵਾ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸੁਰੂ ਕੀਤੀ ਗਈ ਹੈ। ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾ ਰਹੇ ਹਨ।
ਪੰਜਾਬ ਦੀਆਂ 1854 ਅਨਾਜ ਮੰਡੀਆਂ ਵਿੱਚ 10 ਅਕਤੂਬਰ ਤੱਕ ਕਰੀਬ 12,02,471.48 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 11,17,494.55 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 4,71,648.83 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਹੁਣ ਤੱਕ ਕਰੀਬ 1851.15 ਕਰੋੜ ਰੁਪਏ ਦੀ ਅਦਾਇਗੀ ਵੀ ਕਲੀਅਰ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਸਨ ਤਾਂ ਜੋ ਸੀਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ,ਪਰਾਲੀ ਸਾੜਨ ਦੀ ਰਵਾਇਤੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਆਧੁਨਿਕ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜਮੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।
Comments