13 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਸ਼ਹਿਰ ਦੇ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੂੰ ਚੀਨ ਵਿੱਚ ਹੋਈਆਂ ਏਸ਼ੀਆਈ ਖੇਡਾਂ ਦੌਰਾਨ ਬੈਡਮਿੰਟਨ ਵਿੱਚ ਸਿਲਵਰ ਮੈਡਲ ਹਾਸਲ ਕਰਨ ਵਾਲੀ ਪ੍ਰਾਪਤੀ ਲਈ ਸਨਮਾਨਿਤ ਕੀਤਾ। ਧਰੁਵ ਕਪਿਲਾ ਦਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ - 2023' ਸਮਾਗਮ ਦੌਰਾਨ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਭਾਰਤੀ ਬੈਡਮਿੰਟਨ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ ਪਹਿਲਾ ਤਗਮਾ ਜਿੱਤਿਆ ਹੈ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਨੌਜਵਾਨ ਖਿਡਾਰੀ ਧਰੁਵ ਕਪਿਲਾ ਉਸ ਟੀਮ ਦਾ ਹਿੱਸਾ ਸੀ ਜਿਸ ਨੇ ਸਾਡੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਵਧੀਕ ਡਿਪਟੀ ਕਮਿਸ਼ਨਰ ਵਲੋਂ ਇਕ ਸਨਮਾਨ ਸਮਾਰੋਹ ਦੌਰਾਨ ਧਰੁਵ ਨੂੰ ਸਨਮਾਨਿਤ ਕੀਤਾ, ਜਿਸ ਵਿਚ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਜੋ ਉਨ੍ਹਾਂ ਲਈ ਨਵੇਂ ਮੌਕੇ ਖੋਲ੍ਹ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਏਸ਼ੀਅਨ ਖੇਡਾਂ ਵਿੱਚ ਧਰੁਵ ਦਾ ਪ੍ਰਦਰਸ਼ਨ ਸਾਡੇ ਉਭਰਦੇ ਖਿਡਾਰੀਆਂ ਨੂੰ ਆਪਣੇ ਜੀਵਨ ਵਿੱਚ ਅਜਿਹੀ ਸਫਲਤਾ ਪ੍ਰਾਪਤ ਕਰਨ ਲਈ ਹਮੇਸ਼ਾ ਉਤਸ਼ਾਹਿਤ ਕਰੇਗਾ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਲੱਖਣ ਪਹਿਲਕਦਮੀਆਂ ਸ਼ੁਰੂ ਕਰਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਦਿਸ਼ਾ ਵਿੱਚ ਇੱਕ ਵਿਲੱਖਣ ਪਹਿਲਕਦਮੀ ਹੈ। ਇਸੇ ਤਰ੍ਹਾਂ ਨੌਜਵਾਨਾਂ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਈ ਨੀਤੀਗਤ ਫੈਸਲੇ ਵੀ ਲਏ ਗਏ ਹਨ। ਇਸ ਦੌਰਾਨ ਸਿਲਵਰ ਮੈਡਲ ਜੇਤੂ ਧਰੁਵ ਕਪਿਲਾ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇੱਕ ਖਿਡਾਰੀ ਵਜੋਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਰਹਿਣਗੇ। ਉਨ੍ਹਾਂ ਆਪਣੇ ਪੂਰੇ ਸਫ਼ਰ ਦੌਰਾਨ ਦਿੱਤੇ ਸਹਿਯੋਗ ਲਈ ਆਪਣੇ ਪਰਿਵਾਰ ਅਤੇ ਸਲਾਹਕਾਰਾਂ ਦਾ ਵੀ ਧੰਨਵਾਦ ਕੀਤਾ।
Comments