google-site-verification=ILda1dC6H-W6AIvmbNGGfu4HX55pqigU6f5bwsHOTeM
top of page

ਹਲਕਾ ਦੱਖਣੀ 'ਚ ਰੈਵੇਨਿਊ ਕੈਂਪ ਦੌਰਾਨ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਨਿਪਟਾਰਾ

22 ਅਕਤੂਬਰ

ਲੋਕਾਂ ਦੀ ਲੰਬਿਤ ਅਰਜ਼ੀਆਂ ਦੇ ਜਲਦ ਨਿਪਟਾਰੇ ਅਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਨਿਰਮਲ ਪੈਲੇਸ, ਨੇੜੇ ਲੋਹਾਰਾ ਪੁਲੀ ਵਿਖੇ ਮੈਗਾ ਰੈਵੇਨਿਊ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਸਬੰਧਤ ਪਟਵਾਰੀਆਂ, ਕਾਨੂੰਗੋ, ਸੀ.ਆਰ.ਓਜ਼ ਨੇ ਲੋਕਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕੈਂਪ ਦੌਰਾਨ 4600 ਦੇ ਕਰੀਬ ਇੰਤਕਾਲ ਕੇਸਾਂ ਦੇ ਨਿਪਟਾਰੇ ਦਾ ਟੀਚਾ ਮਿੱਥਿਆ ਗਿਆ ਸੀ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3000 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੱਕਾ ਹੈ ਜਦਕਿ ਬਾਕੀ ਰਹਿੰਦਾ ਕੰਮ ਵੀ ਅੱਜ ਨਿਬੇੜ ਦਿੱਤਾ ਜਾਵੇਗਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲ਼ੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਤੁਹਾਡੇ ਦੁਆਰ ਨਾਮ ਦੀ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਂਦੇ ਹਨ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਨਿਵੇਕਲੀ ਪਹਿਲਕਦਮੀ ਤਹਿਤ ਪਹਿਲੇ ਕੈਂਪ ਦੌਰਾਨ ਕਰੀਬ 2000 ਇੰਤਕਾਲ ਕੇਸ, ਦੂਸਰੇ ਕੈਂਪ ਦੌਰਾਨ 3000 ਜਦਕਿ ਅੱਜ ਦੇ ਕੈਂਪ ਦੌਰਾਨ ਕਰੀਬ 4600 ਤੋਂ ਵੱਧ ਇੰਤਕਾਲ ਕੇਸ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਪਟਵਾਰੀਆਂ ਦੀ ਘਾਟ ਸਬੰਧੀ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ 750 ਦੇ ਕਰੀਬ ਪਟਵਾਰੀਆਂ ਦੀ ਟ੍ਰੇਨਿੰਗ ਮੁਕੰਮਲ ਹੋ ਚੁੱਕੀ ਹੈ ਜੋ ਜਲਦ ਆਪਣਾ ਕੰਮ-ਕਾਜ ਸੰਭਾਲਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਸਰਕਲਾਂ ਦੀ ਰੈਸਨੇਲਾਈਜੇਸ਼ਨ ਵੀ ਕੀਤੀ ਜਾਵੇਗੀ ਤਾਂ ਜੋ ਸਾਰੇ ਸਰਕਲਾਂ ਵਿੱਚ ਬਰਾਬਰ ਕੰਮ ਵੰਡਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਵਿੱਚ ਕਿਸੇ ਸਰਕਲ ਅਧੀਨ ਬਿਲਕੁੱਲ ਵੀ ਕੰਮ ਨਹੀਂ ਹੈ ਕਿਤੇ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।


Komentáře


Logo-LudhianaPlusColorChange_edited.png
bottom of page