google-site-verification=ILda1dC6H-W6AIvmbNGGfu4HX55pqigU6f5bwsHOTeM
top of page

ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ - DC ਸੁਰਭੀ ਮਲਿਕ

ਲੁਧਿਆਣਾ, 02 ਅਕਤੂਬਰ

ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੁਕਤਾ ਵੈਨਾਂ ਨੂੰਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਵੈਨਾਂ ਖੇਤੀਬਾੜੀ ਵਿਭਾਗ ਲੁਧਿਆਣਾ ਵਲੋਂ 'ਪਰਾਲੀ ਸੰਭਾਲ ਮੁਹਿੰਮ' ਅਧੀਨ ਚਲਾਈਆਂ ਗਈਆਂ ਹਨ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ। ਇਸ ਮੌਕੇ ਹਾਜਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸਦੇ ਤਹਿਤ ਗੀਤਾ ਰਾਹੀਂ ਵੀ ਜਾਗਰੁਕਤਾ ਪੈਦਾ ਕੀਤੀ ਜਾਵੇਗੀ। ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਇੰਜ: ਅਮਨਪ੍ਰੀਤ ਸਿੰਘ ਘੇਈ ਅਤੇ ਇੰਜ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 7000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਗਈਆਂ ਸਨ ਅਤੇ ਇਸ ਸਾਲ ਵੀ 1469 ਹੋਰ ਮਸ਼ੀਨਾਂ ਦੀਆਂ ਅਰਜ਼ੀਆਂ ਨੂੰ ਮੰਜ਼ੂਰੀ ਜਾਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਭ ਤੋਂ ਵੱਧ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਕਿਸਾਨਾਂ ਦੇ ਸਹਿਯੋਗ ਨਾਲ ਇਹ ਕਮੀ ਦਰਜ ਕੀਤੀ ਗਈ ਸੀ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਕੈਂਪਾਂ ਵਿੱਚ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਅਤੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਸਿੱਖਿਆਂ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਵੀ ਕਮੀ ਦਰਜ ਕੀਤੀ ਜਾ ਸਕੇਗੀ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ/ਪੰਚਾਇਤਾਂ ਕੋਲ ਉਪਲਭਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਸੰਭਾਲਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕੀਏ। ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਸਾਂਭਣ ਵਿੱਚ ਖੇਤੀਬਾੜੀ ਵਿਭਾਗ ਦੀ ਮੁਹੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

Comments


Logo-LudhianaPlusColorChange_edited.png
bottom of page