12 ਅਕਤੂਬਰ
ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 1.46 ਕਰੋੜ ਰੁਪਏ ਦੇ ਸੜਕ ਨਿਰਮਾਣ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਪਰਾਸ਼ਰ ਨੇ ਰੜੀ ਮੁਹੱਲੇ (ਵਾਰਡ ਨੰਬਰ 62) ਵਿੱਚ 25.59 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਵਾਰਡ ਨੰਬਰ 60 ਵਿੱਚ 50.30 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਵਿਧਾਇਕ ਨੇ ਕਸ਼ਮੀਰ ਨਗਰ ਨਾਲਾ ਰੋਡ (ਵਾਰਡ ਨੰਬਰ 57) ਅਤੇ ਢਾਈ ਮਰਲਾ ਕਲੋਨੀ (ਵਾਰਡ ਨੰਬਰ 59) ਨੇੜੇ ਦਰੇਸੀ ਦੀਆਂ ਵੱਖ-ਵੱਖ ਗਲੀਆਂ ਨੂੰ ਕ੍ਰਮਵਾਰ 46.89 ਲੱਖ ਅਤੇ 23.96 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਇਹਨਾਂ ਸੜਕਾਂ ਦੀ ਹਾਲਤ ਖਸਤਾ ਸੀ ਅਤੇ ਉਨ੍ਹਾਂ ਨੇ ਇਹ ਮਾਮਲਾ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਉਠਾਇਆ ਸੀ। ਉਪਰੋਕਤ ਦੱਸੀਆਂ ਸੜਕਾਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਸ਼ੁਰੂ ਹੋ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੜਕਾਂ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਅਤੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜੇਕਰ ਕੰਮਾਂ ਦੀ ਗੁਣਵੱਤਾ ਵਿੱਚ ਕੋਈ ਗੜਬੜੀ ਪਾਈ ਗਈ ਤਾਂ ਸਬੰਧਤ ਠੇਕੇਦਾਰਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਹ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਤੋਂ ਫੀਡਬੈਕ ਵੀ ਲੈ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਹੋਰ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
Comments