ਲੁਧਿਆਣਾ, 31 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Comments