22/12/2023
ਜ਼ਿਲ੍ਹਾ ਦਿਹਾਤੀ ਪੁਲਿਸ ਨੇ ਪਿੰਡ ਚੌਗਾਵਾਂ ਵਿਚ ਸੱਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੀਰਵਾਰ ਨੂੰ ਕਰੀਬ 23 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਐੱਸਐੱਸਪੀ ਦਿਹਾਤੀ ਸਤਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਇਹ ਕਾਰਵਾਈ ਡੀਐੱਸਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਦੇਖ-ਰੇਖ ਹੇਠ ਚਲਾਈ ਗਈ। ਇਸ ਕਾਰਵਾਈ ’ਚ ਲੋਪੋਕੇ ਥਾਣਾ ਇੰਚਾਰਜ ਯਾਦਵਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਪਿੰਡ ਚੌਗਾਵਾਂ ਦੀ ਪੰਨਈਆਂ ਵਾਲੀ ਗਲੀ ਦੇ ਨਾਲ ਮੁਲਜ਼ਮ ਗੁਰਦਿੱਤ ਸਿੰਘ, ਪ੍ਰਦੀਪ ਸਿੰਘ, ਯੂਸਫ਼ ਮਸੀਹ, ਸਾਹਿਬ ਸਿੰਘ, ਲਾਭ ਸਿੰਘ, ਕੁਲਦੀਪ ਸਿੰਘ ਸਮੇਤ ਦੀ ਕਰੀਬ 23 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸ ਦੌਰਾਨ ਥਾਣਾ ਇੰਚਾਰਜ ਨੇ ਉਕਤ ਪਿੰਡ ਦੇ ਵੱਖ-ਵੱਖ ਇਲਾਕਿਆਂ ਦੀ ਤਲਾਸ਼ੀ ਲਈ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
Comments