03/02/2024
ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੰਜਾਬ ’ਚ ਵੀਰਵਾਰ ਨੂੰ ਬੱਦਲ ਜੰਮ ਕੇ ਵਰ੍ਹੇ। ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਿਸ਼ ਨਾਲ ਗੜੇਮਾਰੀ ਹੋਈ। ਜਿਸ ਨਾਲ ਠੰਢ ਇਕਦਮ ਕਾਫ਼ੀ ਵਧ ਗਈ ਸੀ। ਪਰ ਸ਼ੁੱਕਰਵਾਰ ਨੂੰ ਧੁੱਪ ਨਾਲ ਦਿਨ ਦੀ ਸ਼ੁਰੂਆਤ ਲੋਕਾਂ ਲਈ ਰਾਹਤ ਲੈ ਕੇ ਆਈ। ਸਵੇਰੇ 10 ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ’ਚ ਪੂਰਾ ਦਿਨ ਤੇਜ਼ ਧੁੱਪ ਨਿਕਲੀ, ਤਾਂ ਬਾਰਿਸ਼ ਦੀ ਵਜ੍ਹਾ ਨਾਲ ਵਧੀ ਠੰਢ ਤੋਂ ਥੋੜ੍ਹੀ ਰਾਹਤ ਮਿਲੀ। ਵੀਰਵਾਰ ਦੀ ਤੁਲਨਾ ’ਚ ਦਿਨ ਦੇ ਤਾਪਮਾਨ ’ਚ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦਾ ਉਛਾਲ ਆਇਆ, ਹਾਲਾਂਕਿ ਰਾਤ ਦੇ ਤਾਪਮਾਨ ’ਚ ਦੋ ਡਿਗਰੀ ਸੈਲਸੀਅਸ ਦੀ ਕਮੀ ਆਈ।
ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ’ਚ ਘੱਟੋ ਘੱਟ ਤਾਪਮਾਨ ਸਭ ਤੋਂ ਘੱਟ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 19.1 ਡਿਗਰੀ ਸੈਲਸੀਅਸ ਰਿਹਾ। ਉੱਥੇ ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 7.0 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20.1 ਡਿਗਰੀ ਸੈਲਸੀਅਸ ਰਿਹਾ। ਉੱਥੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ 6.6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 19.9 ਡਿਗਰੀ ਰਿਹਾ।
ਇਸੇ ਤਰ੍ਹਾਂ ਪਟਿਆਲਾ ’ਚ ਘੱਟੋ ਘੱਟ ਤਾਪਮਾਨ 7.6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 19.8 ਡਿਗਰੀ ਸੀ। ਪਠਾਨਕੋਟ ’ਚ ਘੱਟੋ ਘੱਟ ਤਾਪਮਾਨ 5.8 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੀ। ਜਦਕਿ ਜਲੰਧਰ ’ਚ ਘੱਟੋ ਘੱਟ ਤਾਪਮਾਨ 6.9 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 17.5 ਡਿਗਰੀ ਰਿਹਾ। ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ’ਚ ਘੱਟੋ ਘੱਟ ਤਾਪਮਾਨ 8 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦਰਮਿਆਨ ਸੀ।
ਦੂਜੇ ਪਾਸੇ ਮੌਸਮ ਵਿਭਾਗ ਤੇ ਤਾਜ਼ਾ ਅਨੁਮਾਨ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅੱਜ ਤੋਂ ਤਿੰਨ ਦਿਨ ਤਕ ਯਾਨੀ ਪੰਜ ਫਰਵਰੀ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਨੇਰੀ, ਬਾਰਿਸ਼ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਪੰਜਾਬ ਦੇ ਕੁਝ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਜਦਕਿ ਚਾਰ ਫਰਵਰੀ ਨੂੰ ਜ਼ਿਆਦਾਤਰ ਥਾਵਾਂ ’ਤੇ ਮੱਧਮ ਤੋਂ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹੀ ਸਥਿਤੀ ਪੰਜ ਫਰਵਰੀ ਨੂੰ ਵੀ ਰਹੇਗੀ। ਇਸ ਦੌਰਾਨ ਘੱਟੋ ਘੱਟ ਤਾਪਮਾਨ ’ਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਪਰ ਹਨੇਰੀ ਤੇ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ’ਚ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਗਿਆਨੀਆਂ ਨੇ ਖ਼ਰਾਬ ਮੌਸਮ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਲੰਬੀ ਯਾਤਰਾ ਕਰਨ ਤੋਂ ਬਚਣ ਲਈ ਕਿਹਾ ਹੈ।
Comments