13/02/2024
ਸਮਰਾਲਾ ਨੇੜਲੇ ਪਿੰਡ ਮਾਣਕੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਦੇ ਨਾਲ ਬਣੇ ਪਰਾਲੀ ਦੇ ਡੰਪ ਨੂੰ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਸਵੇਰੇ 6 ਵਜੇ ਲੱਗੀ, ਜਿਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਸਮਰਾਲਾ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸਮਰਾਲਾ ਅਤੇ ਖੰਨਾ ਤੋਂ ਪਹੁੰਚਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਭਿਆਨਕ ਅੱਗ 'ਤੇ ਕਾਬੂ ਪਾਉਣ ਲਈ 20 ਦੇ ਕਰੀਬ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਟੋ ਸੇਲਜ਼ ਅਤੇ ਪਿੰਡੀ ਐਗਰੀਕਲਚਰ ਫਰਮ ਦੀਆਂ ਤੂੜੀ ਦੀਆਂ ਗੱਠਾਂ ਨੂੰ ਅੱਗ ਲੱਗ ਗਈ। ਕਿਸਾਨ ਆਟੋ ਸੇਲਜ਼ ਦੇ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ ਪਿੰਡ ਦੇ ਇੱਕ ਵਿਅਕਤੀ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਤੂੜੀ ਦੀਆਂ ਗੱਠਾਂ ਨੂੰ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ । ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ । ਫਾਇਰ ਬ੍ਰਿਗੇਡ ਕਰਮਚਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਵੇਰੇ 6 ਵਜੇ ਸਾਨੂੰ ਫੋਨ ਆਇਆ ਕਿ ਪਿੰਡ ਮਾਣਕੀ 'ਚ ਤੂੜੀ ਦੀਆਂ ਗੱਠਾਂ ਨੂੰ ਅੱਗ ਲੱਗੀ ਹੈ। ਅਸੀਂ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ ਉਨ੍ਹਾਂ ਕਿਹਾ ਕਿ ਪਤਾ ਲੱਗਾ ਕਿ ਇਹ ਪਰਾਲੀ ਦਾ ਡੰਪ ਸਕੂਲ ਦੀ ਗਰਾਊਾਡ ਦੇ ਬਿਲਕੁਲ ਨਾਲ ਹੀ ਬਣਾਇਆ ਗਿਆ ਸੀ ਜੋ ਕਿ ਸਰਾਸਰ ਗਲਤ ਹੈ ਅਤੇ ਅੱਜ ਸਕੂਲ ਵੀ ਲੱਗਾ ਹੋਇਆ ਹੈ | ਪਰਾਲੀ ਨੂੰ ਅੱਗ ਦੇ ਧੂੰਏਂ ਨਾਲ ਸਕੂਲ ਆਉਣ ਵਾਲੇ ਬੱਚਿਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ। ਪਰਾਲੀ ਦੇ ਡੰਪ ਦੇ ਮਾਲਕ ਕੋਲ ਪਰਾਲੀ ਦੀ ਅੱਗ ਬੁਝਾਉਣ ਲਈ ਪਾਣੀ ਦਾ ਢੁੱਕਵਾਂ ਪ੍ਰਬੰਧ ਵੀ ਨਹੀਂ ਸੀ, ਜੋ ਕਿ ਗੈਰ-ਜ਼ਿੰਮੇਵਾਰਾਨਾ ਹੈ। ਪ੍ਰਸ਼ਾਸਨ ਨੂੰ ਇਸ 'ਤੇ ਗੌਰ ਕਰਨਾ ਚਾਹੀਦਾ ਹੈ। ਫਾਇਰ ਅਫਸਰ ਹਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਾਲ ਲੱਗਦੇ ਪਰਾਲੀ ਦੇ ਡੰਪ ਨੂੰ ਉਥੋਂ ਹਟਾਇਆ ਜਾਵੇਗਾ।
Comments