ਲੁਧਿਆਣਾ, 09 ਜੂਨ
ਹਲਕਾ ਲੁਧਿਆਣਾ ਉੱਤਰੀ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਡ੍ਰੀਮ ਲੇਨ ਕਲੋਨੀ ਵਿਖੇ 64.32 ਲੱਖ ਰੁਪਏ ਦੀ ਲਾਗਤ ਨਾਲ ਸੜ੍ਹਕਾਂ ਦੇ ਮੁਰੰਮਤ ਕਾਰਜ਼ਾਂ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਸੜ੍ਹਕੀ ਪ੍ਰਾਜੈਕਟ ਨਾਲ ਇਸ ਕਲੋਨੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਮੁੱਖ ਸੜਕ ਦੇ ਨਾਲ-ਨਾਲ ਕਲੋਨੀ ਦੀਆਂ ਸਾਰੀਆਂ ਅੱਠ ਸੜਕਾਂ ਦੀ ਵੀ ਮੁਰੰਮਤ ਕੀਤੀ ਜਾਵੇਗੀ ਜਿਸ 'ਤੇ ਕਰੀਬ 64.32 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਲਈ ਆਵਾਜਾਈ ਸੁਖਾਵੀਂ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕਲੋਨੀ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ 'ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜਿਸਦੇ ਤਹਿਤ ਇਲਾਕੇ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ।
ਇਸ ਦੌਰਾਨ ਉਨ੍ਹਾਂ ਬੁੱਢੇ ਨਾਲੇ ਦੇ ਨਾਲ-ਨਾਲ ਚੱਲ ਰਹੇ ਪਾਈਪਲਾਈਨ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ ਅਤੇ ਆਪਣੇ ਡ੍ਰੀਮ ਪ੍ਰੋਜੈਕਟ ਬੁੱਢੇ ਨਾਲੇ ਨੂੰ ਬੁੱਢਾ ਦਰਿਆ ਵਿੱਚ ਤਬਦੀਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਪ੍ਰਧਾਨ ਡਰੀਮ ਲੇਨ ਵੈਲਫੇਅਰ ਸੁਸਾਇਟੀ ਪ੍ਰਦੀਪ ਗੁਪਤਾ, ਅਮਨ ਬੱਗਾ, ਕਾਰਜਕਾਰੀ ਇੰਜਨੀਅਰ ਸੰਜੀਵ ਸ਼ਰਮਾ, ਐਸ.ਡੀ.ਓ ਵਨੀਤ ਸ਼ਰਮਾ, ਜੇ.ਈ. ਅੰਕੁਸ਼ ਸ਼ਰਮਾ, ਮੀਨਾ ਸ਼ਾਹ, ਬਿੱਟੂ ਭਨੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੋਨੀ ਦੇ ਵਸਨੀਕ ਵੀ ਮੌਜੂਦ ਸਨ।
Comments