05/02/2024
ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਦੇ ਚੇਅਰਮੈਨ ਨਿਤਿਨ ਗੁਪਤਾ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਇਨਕਮ ਟੈਕਸ ਵਿਭਾਗ ਵੱਲੋਂ ਪਹਿਲਾਂ ਦੀ ਤੁਲਨਾ ਵਿਚ ਕਾਫ਼ੀ ਜ਼ਿਆਦਾ ਨਕਦੀ ਜ਼ਬਤ ਕੀਤੀ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਅਜਿਹੇ ਮਾਮਲਿਆਂ ਤੋਂ ਇਲਾਵਾ ਉਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਿਹਾ ਹੈ, ਜਿਸ ਵਿਚ ਛਾਪਾਮਾਰੀ ਤੇ ਹੋਰ ਕਾਰਵਾਈਆਂ ਦੌਰਾਨ ਵੱਡੀ ਮਿਕਦਾਰ ਵਿਚ ਕਰੰਸੀ ਤੇ ਗਹਿਣਿਆਂ ਦਾ ਪਤਾ ਚੱਲਿਆ ਹੈ। ਗੁਪਤਾ ਨੇ ਕਿਹਾ ਕਿ ਇਹ ਵੇਖਿਆ ਗਿਆ ਹੈ ਕਿ ਪੰਜ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਦੀ ਤੁਲਨਾ ਵਿਚ ਜ਼ਬਤ ਨਕਦੀ ਵਿਚ ਬੇਹੱਦ ਵਾਧਾ ਹੋਇਆ ਹੈ। ਚੋਣ ਕਮਿਸ਼ਨ ਨੇ ਪਿਛਲੇ ਸਾਲ ਦੱਸਿਆ ਸੀ ਕਿ ਪੰਜ ਸੂਬਿਆਂ ਮਿਜ਼ੋਰਮ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਤੇ ਤੇਲੰਗਾਨਾ ਵਿਚ ਚੋਣਾਂ ਦੌਰਾਨ ਬਰਾਮਦਗੀ ਵਿਚ ਵਾਧਾ ਹੋਇਆ ਹੈ। ਇਨ੍ਹਾਂ ਸੂਬਿਆਂ ਵਿਚ 1760 ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ ਵਸਤੂਆਂ ਜ਼ਬਤ ਕੀਤੀਆਂ ਗਈਆਂ। ਇਨ੍ਹਾਂ ਵਿਚ ਨਕਦੀ, ਗਹਿਣੇ, ਨਸ਼ੀਲੇ ਪਦਾਰਥ, ਸ਼ਰਾਬ ਤੇ ਹੋਰ ਸਾਮਾਨ ਸ਼ਾਮਲ ਹੈ। ਇਹ ਉਨ੍ਹਾਂ ਸੁੂਬਿਆਂ ਵਿਚ 2018 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਹੋਈ ਜ਼ਬਤੀ (239.15 ਕਰੋੜ ਰੁਪਏ) ਤੋਂ ਸਤ ਗੁਣਾ ਵਧ ਹੈ। ਇਵੇਂ ਹੀ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਜ਼ਬਤ ਨਕਦੀ 2017 ਦੀ ਤੁਲਨਾਤਮਕ ਮਿਆਦ ਦੀ ਤੁਲਨਾ ਵਿਚ ਛੇ ਗੁਣਾ ਵਧ ਸੀ।
Comments