ਲੁਧਿਆਣਾ, 27 ਅਗਸਤ
ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਨਾਲ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਮੱਦੇਨਜ਼ਰ 'ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ' ਤਹਿਤ ਸਫਾਈ ਅਭਿਆਨ ਚਲਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਸੁਖਚੈਨ ਬੱਸੀ ਗੋਗੀ, ਡਾ. ਵਿਪੁਲ ਮਲਹੋਤਰਾ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ, ਨਵੀਨ ਗੋਗਨਾ ਤੋਂ ਇਲਾਵਾ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਦੇ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਵਿਧਾਇਕ ਗੋਗੀ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਸਰੋਤਾਂ ਦੀ ਸੰਭਾਲ ਕਰਨ ਅਤੇ ਕਚਰਾ ਨਾ ਸੁੱਟਣ ਅਤੇ ਸੌਰਸ ਸੈਗ੍ਰਿਗੇਸ਼ਨ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਵਿਕਾਸ ਕਾਰਜ਼ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ।
Comments