ਲੁਧਿਆਣਾ, 04 ਅਕਤੂਬਰ
ਲੁਧਿਆਣਾ ਸ਼ਹਿਰ ਦੇ ਵਸਨੀਕਾਂ ਨੂੰ ਟ੍ਰੈਫਿਕ, ਪ੍ਰਦੂਸ਼ਣ, ਗੰਦਗੀ, ਬਰਸਾਤੀ ਪਾਣੀ, ਆਵਾਰਾ ਕੁੱਤਿਆਂ ਦੀ ਸਮੱਸਿਆਂ ਤੋਂ ਇਲਾਵਾ ਹੋਰ ਵੱਖ-ਵੱਖ ਔਕੜਾਂ ਦਾ ਹੱਲ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
ਇਸ ਗੱਲ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕੀਤਾ ਗਿਆ।
ਮੀਟਿੰਗ ਦੌਰਾਨ ਨਿਗਮ ਦੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਵੱਖ-ਵੱਖ ਹਲਕਿਆਂ ਦੇ ਵਿਧਾਇਕ ਸਾਹਿਬਾਨ, ਕੌਂਸਲਰ ਸਹਿਬਾਨ, ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਆਪਣੇ ਸੰਬੋਧਨ ਦੌਰਾਨ ਵਿਧਾਇਕ ਗੋਗੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤਹਿਤ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾ ਕਿਹਾ ਸ਼ਹਿਰ ਵਿੱਚ ਚੱਲ ਰਹੇ ਨਿਰਮਾਣ ਕਾਰਜ਼ਾਂ ਸਦਕਾ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਦੀ ਸਮੱਸਿਆ ਆ ਰਹੀ ਹੈ, ਖਾਸਕਰ ਸਕੂਲੀ ਬੱਚੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਸਕੂਲੀ ਬੱਚੇ ਸਮੇਂ ਸਿਰ ਸਕੂਲ ਜਾਣ ਅਤੇ ਘਰ ਵਾਪਿਸ ਪਰਤਣ ਨੂੰ ਯਕੀਨੀ ਬਣਾਉਣ ਲਈ ਰੂਟ ਡਾਇਵਰਟ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਮਾਇਨਿੰਗ ਬੰਦ ਹੋਣ ਕਰਕੇ ਵਿਕਾਸ ਕਾਰਜ਼ਾਂ ਦੀ ਚਾਲ ਮੱਧਮ ਪੈ ਗਈ ਸੀ, ਪਰ ਹੁਣ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲੀ ਅਕਤੂਬਰ ਤੋਂ ਮਾਇਨਿੰਗ ਨੂੰ ਹਰੀ ਝੰਡੀ ਦਿੱਤੀ ਗਈ ਹੈ ਅਤੇ ਚੱਲ ਰਹੇ ਕਾਰਜ਼ ਜਲਦ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਗਮ ਦੀ ਹਦੂਦ ਅੰਦਰ ਸੜ੍ਹਕਾਂ 'ਤੇ ਪਏ ਟੋਏ ਜੋਕਿ ਅਕਸਰ ਦੁਰਘਟਨਾਵਾਂ ਦੇ ਕਾਰਨ ਬਣਦੇ ਹਨ, ਦੀ ਮੁਰੰਮਤ ਕੀਤੀ ਜਾਵੇ ਅਤੇ ਸਾਰੀਆਂ ਸੜ੍ਹਕਾਂ ਬਣਾਈਆਂ ਜਾਣ।
ਵਿਧਾਇਕ ਗੋਗੀ ਵੱਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਡਿੱਗਦੇ ਪੱਧਰ 'ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਬਰਸਾਤੀ ਪਾਣੀ ਨੂੰ ਵੱਧ ਤੋਂ ਵੱਧ ਜਮੀਂਦੋਜ ਕੀਤਾ ਜਾਵੇ। ਉਨ੍ਹਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਆਵਾਰਾ ਕੁੱਤਿਆਂ ਲਈ ਹਾਊਸ ਵੱਲੋਂ 'ਡੋਗ ਹੋਸਟਲ' ਦਾ ਮਤਾ ਲਿਆਂਦਾ ਜਾਵੇ ਅਤੇ ਨਸਬੰਦੀ ਦੌਰਾਨ ਕੁੱਤਿਆਂ ਦੇ ਕੰਨ ਵਿੱਚ ਟੈਗ ਲਗਾਉਣ ਦੀ ਵੀ ਸਿਫਾਰਿਸ਼ ਕੀਤੀ।
Yorumlar