ਲੁਧਿਆਣਾ 5 ਫਰਵਰੀ
ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਅੱਜ ਤਾਜਪੁਰ ਰੋਡ ਵਿਖੇ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੁੱਖ ਤੌਰ ਤੇ ਦੁਕਾਨਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਹਿੱਸਾ ਲਿਆ ।
ਮੀਟਿੰਗ ਦੌਰਾਨ ਪੁਲਿਸ ਵਿਭਾਗ ਤੋਂ ਸੀਨੀਅਰ ਅਧਿਕਾਰੀ ਏਡੀਸੀਪੀ ਅਭੀ ਮੰਨੀਓ ਰਾਣਾ , ਏਸੀਪੀ ਸੰਦੀਪ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਇਲਾਕਾ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ ।
ਇਸ ਮੌਕੇ ਤੇ ਇਲਾਕਾ ਵਾਸੀਆਂ ਨੇ ਇਲਾਕੇ ਅੰਦਰ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਪੁਲਿਸ ਅਧਿਕਾਰੀਆਂ ਅਤੇ ਵਿਧਾਇਕ ਗਰੇਵਾਲ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਸੀਸੀਟੀਵੀ ਫੁਟੇਜ ਮਿਲਣ ਦੇ ਬਾਵਜੂਦ ਵੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਪਰਾਧੀ ਪੁਲਿਸ ਦੀ ਗ੍ਰਿਫਤ ਤੋਂ ਦੂਰ ਕਿਉਂ ਹਨ , ਇਸ ਦੌਰਾਨ ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਇਲਾਕੇ ਅੰਦਰ ਪੀਸੀਆਰ ਦੀ ਡਿਊਟੀ ਵਧਾਈ ਜਾਵੇ ਤਾਂ ਜੋ ਹੋਣ ਵਾਲੀਆਂ ਚੋਰੀ ਦੀਆਂ ਵਾਰਦਾਤਾਂ ਤੋਂ ਬਚਿਆ ਜਾ ਸਕੇ ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨਾ ਜਿੱਥੇ ਸਰਕਾਰ ਦੀ ਡਿਊਟੀ ਹੈ, ਉੱਥੇ ਹੀ ਜਿੰਮੇਵਾਰੀ ਵੀ ਹੈ । ਉਹਨਾਂ ਕਿਹਾ ਕਿ ਪਿਛਲੇ ਦਿਨੀ ਤਾਜਪੁਰ ਰੋਡ ਵਿਖੇ ਜੋ ਚੋਰੀ ਦੀਆਂ ਵਾਰਦਾਤਾਂ ਹੋਈਆਂ ਹਨ, ਪੁਲਿਸ ਦੇ ਅਧਿਕਾਰੀ ਬੜੇ ਬਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਜਲਦ ਹੀ ਆਰੋਪੀ ਪੁਲਿਸ ਦੀ ਗਿਰਫਤ ਹੋਣਗੇ ।
ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਕਿਹਾ ਕਿ ਪੀਸੀਆਰ ਦਸਤੇ ਦੀ ਗਸ਼ਤ ਨੂੰ ਅੱਜ ਤੋਂ ਹੀ ਵਧਾ ਦਿੱਤਾ ਜਾਵੇਗਾ ਅਤੇ ਨਾਲ ਹੀ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਪੀਸੀਆਰ ਦਸਤਾ ਆਪਣੀ ਡਿਊਟੀ ਵਿੱਚ ਕੋਈ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਵਰਤੇਗਾ । ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਪੁਲਿਸ ਦਾ ਸਾਥ ਦੇਣ ਕਿਉਂਕਿ ਕਿਸੇ ਵੀ ਤਰ੍ਹਾਂ ਦੇ ਕਰਾਈਮ ਨੂੰ ਖਤਮ ਕਰਨ ਲਈ ਪੁਲਿਸ ਪਬਲਿਕ ਦਾ ਆਪਸੀ ਸਹਿਯੋਗ ਹੋਣਾ ਬਹੁਤ ਜਰੂਰੀ ਹੈ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਦੁਕਾਨਦਾਰਾਂ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ ।
Comments