ਲੁਧਿਆਣਾ, 01 ਸਤੰਬਰ
ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸ਼ਿਮਲਾਪੁਰੀ ਦੇ ਸਤਿਗੁਰੂ ਨਗਰ ਗਲੀ ਨੰਬਰ 8 ਤੋਂ ਇਸ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਛੀਨਾ ਦੇ ਨਾਲ ਇਲਾਕੇ ਦੇ ਏ ਸੀ ਪੀ ਸੰਦੀਪ ਵਢੇਰਾ, ਏਰੀਆ ਐਸ ਐਚ ਓ ਕੁਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਯੂਥ ਆਗੂ ਸਨੀ ਬਸਰਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਮੰਤਵ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਹੈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦੇ ਨਾਲ ਜੋੜਨਾ ਅਤੇ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਵਿਰੁੱਧ ਜਾਗਰੂਕ ਕਰਨਾ ਅਤੇ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਅਗਾਹ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਹੁਣ ਤੱਕ ਪੰਜਾਬ ਦੇ ਕਈ ਘਰ ਉੱਜੜ ਚੁੱਕੇ ਨੇ ਅਤੇ ਨਸ਼ੇ ਕਾਰਨ ਕ੍ਰਾਈਮ ਦਰ 'ਚ ਵੀ ਵਾਧਾ ਹੋ ਰਿਹਾ ਹੈ, ਨਸ਼ੇ ਤੇ ਠਲ਼ ਪਾਉਣ ਦੇ ਨਾਲ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਵਿਧਾਇਕ ਛੀਨਾ ਨੇ ਇਸ ਮੁਹਿਮ ਦਾ ਆਗਾਜ਼ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਪਿਛਲੀਆਂ ਸਰਕਾਰਾਂ ਨੇ ਨਸ਼ੇ ਤੇ ਠੱਲ ਪਾਉਣ ਦੇ ਸਿਰਫ ਦਾਅਵੇ ਹੀ ਕੀਤੇ ਨੇ, ਜਦਕਿ ਜ਼ਮੀਨੀ ਪੱਧਰ 'ਤੇ ਕੰਮ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁਹਿਮ ਦੇ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਨਾਲ ਜੋੜਾਂਗੇ ਤਾਂ ਜੋ ਨਸ਼ਾ ਕਰਨ ਵਾਲਿਆਂ ਤੇ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਠੱਲ ਪਾਈ ਜਾ ਸਕੇ। ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਵੀ ਇਸ ਮੁਹਿੰਮ 'ਚ ਪੂਰਾ ਸਾਥ ਦੇ ਰਹੀ ਹੈ। ਉਨ੍ਹਾ ਅੱਗੇ ਕਿਹਾ ਕਿ ਜਿੱਥੇ ਨਸ਼ਿਆਂ ਦੇ ਆਦੀ ਨੌਜਵਾਨਾਂ ਦੀ ਮਦਦ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਕਰਵਾਇਆ ਜਾਵੇਗਾ ਉਥੇ ਹੀ ਨਸ਼ਾ ਵੇਚਣ ਵਾਲਿਆਂ 'ਤੇ ਸਖਤ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਨਸ਼ੇ ਕਾਰਨ ਅੱਜ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਇਸ ਕਰਕੇ ਅਸੀਂ ਇਲਾਕੇ ਦੇ ਯੂਥ ਨੂੰ ਇਸ ਮੁਹਿੰਮ ਦੇ ਨਾਲ ਜੋੜ ਰਹੇ ਹਾਂ ਤਾਂ ਜੋ ਸਮਾਜ ਵਿੱਚ ਇਕ ਚੰਗਾ ਸੁਨੇਹਾ ਜਾਵੇ।
ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਇਸ ਮੁਹਿਮ ਵਿੱਚ ਸ਼ਾਮਿਲ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿਮ ਵਿੱਚ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ।
コメント