ਲੁਧਿਆਣਾ, 16 ਨਵੰਬਰ
ਵਿਕਾਸ ਦੇ ਏਜੰਡੇ ਨੂੰ ਅੱਗੇ ਤੋਰਦਿਆਂ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਲੁਧਿਆਣਾ ਕੇਂਦਰੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 1.16 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਨ੍ਹਾਂ ਪ੍ਰਾਜੈਕਟਾਂ ਵਿੱਚ ਵਾਰਡ ਨੰਬਰ 59 ਵਿੱਚ ਢਾਈ ਮਰਲਾ ਕਲੋਨੀ, ਮੁਹੱਲਾ ਸ਼ੰਕਰਪੁਰੀ ਅਤੇ ਜਿਲਤਾਂ ਵਾਲੀ ਗਲੀ (ਕਿਲਾ ਮੁਹੱਲਾ) ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਪ੍ਰਾਜੈਕਟ, ਕੂਚਾ ਰੂਪਾ ਮੱਲ ਮੁਹੱਲਾ (ਵਾਰਡ ਨੰਬਰ 60) ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਪ੍ਰੋਜੈਕਟ ਅਤੇ ਮਾਧੋਪੁਰੀ ਪੁਲੀ ਤੋਂ ਗੁਰਦੁਆਰਾ ਗਊ ਘਾਟ ਤੱਕ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਸ਼ਾਮਲ ਹਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਕੇਂਦਰੀ ਹਲਕੇ ਵਿੱਚ ਪਹਿਲਾਂ ਹੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਸ਼ਨੀਵਾਰ ਨੂੰ ਲਗਭਗ 1.16 ਕਰੋੜ ਰੁਪਏ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਲਈ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਵਿਧਾਇਕ ਪਰਾਸ਼ਰ ਨੇ ਇਲਾਕਾ ਨਿਵਾਸੀਆਂ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਤੋਂ ਫੀਡਬੈਕ ਲੈ ਕੇ ਹੀ ਇਹ ਪ੍ਰੋਜੈਕਟ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ।
Comments