ਲੁਧਿਆਣਾ, 14 ਨਵੰਬਰ:
ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਜਨਤਕ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਰੱਖਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਵਿੱਚ ਵਸਨੀਕਾਂ ਨੂੰ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਨਿਰਦੇਸ਼ ਵੀਰਵਾਰ ਨੂੰ ਗਿੱਲ ਰੋਡ ਸਥਿਤ ਨਗਰ ਨਿਗਮ ਜ਼ੋਨ ਸੀ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ। ਇਸ ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਡੀ) ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਸੀ) ਗੁਰਪਾਲ ਸਿੰਘ, ਚੀਫ ਇੰਜੀਨੀਅਰ ਰਵਿੰਦਰ ਗਰਗ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਕਾਰਜਕਾਰੀ ਇੰਜੀਨੀਅਰ ਰਾਕੇਸ਼ ਸਿੰਗਲਾ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਅਤੇ ਏ.ਟੀ.ਪੀ ਮੋਹਨ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਸਫ਼ਾਈ ਸੇਵਕਾਂ ਦੀ ਰੋਜ਼ਾਨਾ ਹਾਜ਼ਰੀ ਚੈੱਕ ਕਰਨ ਦੇ ਨਿਰਦੇਸ਼ ਦਿੰਦਿਆਂ ਵਿਧਾਇਕ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ਤੋਂ ਬਾਗਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ 'ਤੇ ਹਟਾਇਆ ਜਾਵੇ।
ਵਿਧਾਇਕ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਤਮ ਨਗਰ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਜੇਕਰ ਦੂਸ਼ਿਤ ਪਾਣੀ ਦੀ ਸਪਲਾਈ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਮੁਰੰਮਤ ਦੇ ਕੰਮਾਂ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇ।
ਵਿਧਾਇਕ ਸਿੱਧੂ ਅਤੇ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹਲਕੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾਣ।
Comentarios