ਲੁਧਿਆਣਾ, 28 ਸਤੰਬਰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 115ਵੇਂਂ ਜਨਮ ਦਿਹਾੜੇ ਮੌਕੇ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਕਾਲਜ ਵਿੱਚ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਆਮ ਆਦਮੀ ਪਾਰਟੀ ਦੀ ਇੰਟਲੈਕਚੁਅਲ ਵਿੰਗ ਦੇ ਪ੍ਰਧਾਨ ਮਾਸਟਰ ਹਰੀ ਸਿੰਘ, ਜ਼ਿਲ੍ਹਾ ਪ੍ਰਧਾਨ ਸ. ਸ਼ਰਨਪਾਲ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਕੁਲਪ੍ਰੀਤ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਵੀ ਮੌਜੂਦ ਸਨ।
ਸ਼ਹੀਦ ਨੂੰ ਫੁੱਲ ਭੇਂਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਉਹ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ੍ਹਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ 'ਤੇ ਕੀਤੇ ਜਾਂਦੇ ਜ਼ੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਅੱਜ ਦੇ ਇਸ ਸੱਭਿਆਚਾਰਕ ਸਮਾਗਮ ਮੌਕੇ ਇਸ਼ਮੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਗਾਏ ਗਏ ਗੀਤ 'ਦੇਸ਼ ਮੇਰੇ', ਤੇਰੀ ਮਿੱਟੀ, ਮੇਰਾ ਰੰਗਦੇ ਬਸੰਤੀ ਚੋਲਾ' ਨੇ ਸਰੋਤਿਆਂ ਨੁੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।
ਸਰਕਾਰੀ ਸਮਾਰਟ ਸਕੂਲ ਪੀ.ਏ.ਯੂ. ਦੀਆਂ ਵਿਦਿਆਰਥਣਾਂ, ਰਾਧਿਕਾ ਅਤੇ ਅਰਪਣਾ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਸਤਿੰਦਰ ਸਿੰਘ ਵੱਲੋ ਕਵਿਤਾ ਪੇਸ਼ ਕੀਤੀ ਗਈ।
ਮਾਸਟਰ ਕਰਮਜੀਤ ਸਿੰਘ ਗਰੇਵਾਲ ਵੱਲੋਂ ਸਟੇਜ ਸੰਚਾਲਨ ਦੇ ਨਾਲ ਸ਼ਹੀਦ ਭਗਤ ਸਿੰਘ ਜੀ ਨੂੰ ਸਮਰਪਿਤ 'ਭਗਤ ਸਿੰਘ ਤਾਂ ਸਾਨੂੰ ਸਾਡਾ ਵੀਰ ਲੱਗਦਾ' ਗੀਤ ਵੀ ਗਾਇਆ।
ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹਾਜ਼ਰੀਨ ਦੇ ਨਾਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਰਚੂਅਲੀ ਤੌਰ 'ਤੇ ਮਾਣਯੋਗ ਮੁੱਖ ਮੰਤਰੀ ਨਾਲ ਸਹੁੰ ਚੁੱਕੀ ਗਈ। ਖਟਕੱੜ੍ਹ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਅੱਜ ਰਾਜ ਪੱਧਰੀ ਸਮਾਗਮ ਮੌਕੇ ਸ. ਭਗਵੰਤ ਮਾਨ ਨੇ ਹਲਫ ਲੈਂਦਿਆਂ ਕਿਹਾ ਕਿ ''ਮੈਂ ਸਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਦਾ ਰਹਾਂਗਾ। ਮੈਂ ਸਹੀਦਾਂ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਇਰਾਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਂਦਾ ਰਹਾਂਗਾ''।
ਅਖੀਰ ਵਿੱਚ, ਡਿਪਟੀ ਕਮਿਸ਼ਨਰ ਦੇ ਨਾਲ ਪੁਲਿਸ ਕਮਿਸ਼ਨਰ ਵੱਲੋਂ ਸੱਭਿਆਚਾਰਕ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਫੋਟੋ ਵਾਲੇ ਸਟਿੱਕਰ ਦੇ ਨਾਲ ਸਨਮਾਨਿਤ ਕੀਤਾ ਗਿਆ।
ความคิดเห็น