30/12/2023
ਸਪੈਸ਼ਲ ਡੀਜੀਪੀ ਲਾਅ ਐੰਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿਚੋਂ ਕੈਦੀਆਂ ਨੂੰ ਵੀਸੀ ਰਾਹੀਂ ਹੀ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹ ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਕੰਪਲੈਕਸ ਵਿਚ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਨਿਆਂਇਕ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਕਈ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਇਹ ਦੇਖੇਗੀ ਕਿ ਇਸ ਸਬੰਧੀ ਕਿਹੜੀਆਂ ਤਰੁੱਟੀਆਂ ਹਨ। ਇਨ੍ਹਾਂ ਤਰੁੱਟੀਆਂ ਨੂੰ ਘੋਖਣ ਲਈ ਹੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜੋ ਵੀ ਕਮੀਆਂ ਹਨ, ਉਸ ਦੀ ਰਿਪੋਰਟ ਬਣਾ ਕੇ ਡੀਜੀਪੀ ਨੂੰ ਭੇਜੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ।
ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਫਤਾਹਪੁਰ ਅੰਮ੍ਰਿਤਸਰ ਪੁੱਜੇ ਸ਼ੁਕਲਾ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਨਿਆਂਪਾਲਿਕਾ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਇਹ ਹਦਾਇਤ ਕੀਤੀ ਹੈ ਕਿ ਕੈਦੀਆਂ ਦੀ 100 ਫੀਸਦੀ ਪੇਸ਼ੀ ਵੀਸੀ ਰਾਹੀਂ ਕੀਤੀ ਜਾਵੇ। ਇਸ ਸਬੰਧੀ ਜੇਲ੍ਹਾਂ ਅਤੇ ਅਦਾਲਤਾਂ ‘ਚ ਸਾਫ਼ਟਵੇਅਰ ਆਦਿ ਅੱਪਡੇਟ ਕੀਤੇ ਗਏ ਹਨ ਪਰ ਇਨ੍ਹਾਂ ‘ਚ ਕਈ ਤਰੁੱਟੀਆਂ ਰਹਿ ਗਈਆਂ ਹਨ, ਜਿਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੰਮ 100 ਫੀਸਦੀ ਹੋ ਜਾਂਦਾ ਹੈ ਤਾਂ ਇਸ ਦਾ ਪੰਜਾਬ ਪੁਲਿਸ ਨੂੰ ਬਹੁਤ ਫਾਇਦਾ ਹੋਵੇਗਾ, ਕਿਉਂਕਿ ਮੌਜੂਦਾ ਸਮੇਂ ਵਿਚ ਕੈਦੀਆਂ ਨੂੰ ਪੇਸ਼ ਕਰਨ ਸਮੇਂ ਬਹੁਤ ਜ਼ਿਆਦਾ ਮੈਨਪਾਵਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨਾਲ ਕੇਸਾਂ ਦੀ ਸੁਣਵਾਈ ਵਿਚ ਤੇਜ਼ੀ ਆਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੈਂਡੈਂਸੀ ਵੀ ਕਾਫੀ ਘੱਟ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਜੈਮਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਕੁਝ ਇੰਸਟਾਲ ਹੋ ਚੁੱਕੇ ਹਨ ਅਤੇ ਕੁਝ ਨੂੰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਸਾਰੀਆਂ ਜੇਲ੍ਹਾਂ ਵਿੱਚ ਜੈਮਰ ਲਗਾਉਣ ਤੋਂ ਬਾਅਦ ਜੇਲ੍ਹਾਂ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਜੇਕਰ ਫੋਨ ਅਤੇ ਹੋਰ ਸਮਾਨ ਜੇਲ ਵਿਚ ਜਾ ਰਿਹਾ ਹੋਵੇ ਤਾਂ ਦੋਸ਼ੀਆਂ ਵਲੋਂ ਬਾਹਰ ਸੁੱਟ ਦਿੱਤਾ ਜਾਂਦਾ ਹੈ। ਅਜਿਹਾ ਮਾਮਲਾ ਸਾਹਮਣੇ ਆਉਣ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ। ਹੁਣ ਤੱਕ ਪੁਲਿਸ ਨੇ 39 ਦੇ ਕਰੀਬ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ ਅਤੇ ਕਈ ਵੱਡੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਨੂੰ ਕਾਬੂ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ।
Commentaires