ਲੁਧਿਆਣਾ, 26 ਅਗਸਤ
ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਜਗਰਾਉਂ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ਼੍ਰੀ ਨਾਨਕਸਰ ਗੁਰਦੁਆਰੇ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਨੇਚਰ ਆਰਟਿਸਟ ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ।
ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।
ਸ੍ਰੀ ਅਰੋੜਾ ਨੇ ਨਾ ਸਿਰਫ਼ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਸਗੋਂ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਚ ਸੁਚੱਜੀ ਸੰਭਾਲ ਵਾਲੇ ਬਾਗ ਦਾ ਵੀ ਦੌਰਾ ਕੀਤਾ। ਉਨ੍ਹਾਂ ਨੂੰ ਸਿਰੋਪਾਓ, ਪ੍ਰਸ਼ਾਦ ਅਤੇ ਬਾਬਾ ਨੰਦ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਕਿਤਾਬਚਾ ਭੇਂਟ ਕੀਤਾ ਗਿਆ। ਸ੍ਰੀ ਅਰੋੜਾ, ਟਰੱਸਟ ਵੱਲੋਂ ਕੀਤੇ ਜਾ ਰਹੇ ਧਾਰਮਿਕ, ਸਮਾਜਿਕ ਅਤੇ ਹੋਰ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ।
ਸ੍ਰੀ ਅਰੋੜਾ ਸਮੇਤ ਹਲਕਾ ਜਗਰਾਓਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਨਾਨਕਸਰ ਗੁਰਦੁਆਰਾ ਸਾਹਿਬ ਦੇ ਮੁੱਖੀ ਸਰਦਾਰ ਲੱਖਾ ਸਿੰਘ ਜੀ, ਸ੍ਰੀ ਹਰਪ੍ਰੀਤ ਸੰਧੂ ਅਤੇ ਹੋਰ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ਵਿੱਚ ਬੂਟੇ ਲਗਾਏ। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਰੁੱਖ ਲਗਾਉਣ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਵੱਲ ਇਕ ਪਹਿਲ ਸੀ।
ਇਸ ਮੌਕੇ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਸੰਸਦ ਮੈਂਬਰ ਨੂੰ ਇਲਾਕੇ ਦੇ ਵਿਕਾਸ ਲਈ ਫੰਡ ਜਾਰੀ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਸੰਸਦ ਮੈਂਬਰ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਡੀ.ਐਸ.) ਤਹਿਤ ਜਗਰਾਉਂ ਇਲਾਕੇ ਵਿਚ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀਮਤੀ ਮਾਣੂਕੇ ਵੱਲੋਂ ਉਨ੍ਹਾਂ ਦੀ ਮੰਗ ਨੂੰ ਤੁਰੰਤ ਮੰਨਣ ਲਈ ਸ੍ਰੀ ਅਰੋੜਾ ਦਾ ਧੰਨਵਾਦ ਕੀਤਾ।
ਸ੍ਰੀ ਅਰੋੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਪਲ ਬਹੁਤ ਹੀ ਖੂਬਸੂਰਤ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੁਚੱਜੀ ਸੰਭਾਲ ਵਾਲੇ ਪਾਰਕ ਵਿੱਚ ਹਰਿਆਲੀ ਦੇਖ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ।
Comments