google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਿਹਤ ਮੰਤਰੀ ਦਾ ਸੂਬਾ ਵਾਸੀਆਂ ਨੂੰ ਤੋਹਫ਼ਾ! ਬਣਾਏ ਜਾਣਗੇ ਨਵੇਂ 1 ਕਰੋੜ 60 ਲੱਖ ਲਾਭਪਾਤਰੀਆਂ ਦੇ ਕਾਰਡ

14/11/2023

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ। ਜ਼ਿਕਰ ਕਰ ਦਈਏ ਕਿ ਮੰਤਰੀ ਸਥਾਨਕ ਸਿਵਲ ਹਸਪਤਾਲ ਵਿਖੇ ਬੱਚਿਆਂ ਵਿੱਚ ਦਿਲ ਦੇ ਗੰਭੀਰ ਰੋਗਾਂ ਦਾ ਪਤਾ ਲਗਾਉਣ ਲਈ ਸਥਾਪਤ ਕੀਤੀ ਗਈ ਪੈਡਰੀਐਟ੍ਰਿਕ ਈਕੋ ਕਾਰਡੀਓਗਰਾਫੀ ਮਸ਼ੀਨ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਆਏ ਸਨ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਸਿਰਫ 16 ਲੱਖ ਲਾਭਪਾਤਰੀਆਂ ਲਈ ਹੀ ਫੰਡਿੰਗ ਕੀਤੀ ਜਾਂਦੀ ਹੈ।

ਜਦਕਿ ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਬਣਾਏ ਗਏ ਹਨ ਅਤੇ ਹੁਣ ਤੱਕ 44 ਲੱਖ ਲੋਕਾਂ ਨੂੰ ਲਾਭ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ 1.60 ਕਰੋੜ ਲੋਕਾਂ ਨੂੰ ਕਵਰ ਕਰਨ ਦਾ ਟੀਚਾ ਹੈ। ਬਕਾਇਆ 90 ਲੱਖ ਲੋਕਾਂ ਦੇ ਕਾਰਡ ਵੀ ਜਲਦ ਬਣਾਏ ਜਾਣਗੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਹੁਣ ਤੱਕ 95 ਫੀਸਦੀ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਕਮੀ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ। ਹੁਣ ਤੱਕ 272 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।

ਮੈਡੀਕਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਭਰਤੀ ਵੀ ਕਰ ਦਿੱਤੀ ਗਈ ਹੈ ਜਦਕਿ 350 ਹੋਰ ਡਾਕਟਰਾਂ ਅਤੇ 1800 ਪੈਰਾ ਮੈਡੀਕਲ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਭਰਤੀ ਬਾਰੇ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ, ਜਿਸ ਕਾਰਨ ਵਿਭਾਗ ਵਿੱਚ ਡਾਕਟਰਾਂ ਦੀ ਭਾਰੀ ਕਮੀ ਰਹੀ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਵਿਭਾਗ ਨਾਲ ਜੋੜੀ ਰੱਖਣ ਲਈ ਉਹਨਾਂ ਨੂੰ ਯੋਗ ਤਨਖ਼ਾਹਾਂ ਦੇਣ ਦੇ ਨਾਲ ਨਾਲ ਕੰਮ ਕਰਨ ਲਈ ਉਚਿਤ ਮਾਹੌਲ ਮੁਹਈਆ ਕਰਵਾਇਆ ਜਾ ਰਿਹਾ ਹੈ। ਪੈਡਰੀਐਟ੍ਰਿਕ ਈਕੋ ਕਾਰਡੀਓਗਰਾਫੀ ਮਸ਼ੀਨ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਈਲਡ ਕੇਅਰ ਫਾਊਂਡੇਸ਼ਨ ਅਤੇ ਐਨ ਬੀ ਸੀ ਸੀ ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਪੈਡਰੀਐਟ੍ਰਿਕ ਈਕੋ ਕਾਰਡੀਓਗਰਾਫੀ ਮਸ਼ੀਨਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਇਸਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਦੇ ਸਿਵਲ ਹਸਪਤਾਲ ਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀਆਂ ਦਿਲ ਰੋਗਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਪਰ ਇਸ ਬਾਰੇ ਡਾਇਗਨੋਜ਼ ਕਰਨ ਦੀ ਸਹੂਲਤ ਘੱਟ ਸੀ। ਇਸ ਘਾਟ ਨੂੰ ਪੂਰਾ ਕਰਨ ਲਈ ਹੀ ਇਹ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ। ਇਸ ਸਹੂਲਤ ਅਧੀਨ ਹਰੇਕ ਹਸਪਤਾਲ ਵਿੱਚ 10 ਬੈਡ ਦੇ ਆਈ ਸੀ ਯੂ ਸਥਾਪਤ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ 550 ਕਰੋੜ ਰੁਪਏ ਸਿਹਤ ਵਿਭਾਗ ਨੂੰ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 664 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ। ਜਲਦ ਹੀ 125 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਗਸ਼ਲਾਵਾਂ ਨੂੰ ਵੀ ਆਮ ਲੋਕਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਮੌਜੂਦਾ ਸਮੇਂ 1000 ਕਲਾਸਾਂ ਲੱਗ ਰਹੀਆਂ ਹਨ, ਜਲਦ ਹੀ ਇਹਨਾਂ ਕਲਾਸਾਂ ਦੀ ਗਿਣਤੀ 2000 ਕੀਤੀ ਜਾ ਰਹੀ ਹੈ।

Comments


Logo-LudhianaPlusColorChange_edited.png
bottom of page